ਉਜਾਗਰ ਸਿੰਘ
ਫੋਨ: +91-9417813072
ਸੁਖਦੇਵ ਸਿੰਘ ਢੀਂਡਸਾ ਦੇ ਤੁਰ ਜਾਣ ਨਾਲ ਸਿਆਸਤ ਵਿੱਚ ਸ਼ਾਲੀਨਤਾ ਦੀ ਸਿਆਸਤ ਦਾ ਇੱਕ ਯੁੱਗ ਖ਼ਤਮ ਹੋ ਗਿਆ ਹੈ। ਵਿਦਿਆਰਥੀ ਜੀਵਨ ਵਿੱਚੋਂ ਸਿਆਸਤ ਵਿੱਚ ਆ ਕੇ ਸਾਰੀ ਉਮਰ ਸਹਿਜ ਦਾ ਪੱਲਾ ਨਾ ਛੱਡਣਾ ਆਪਣੇ ਆਪ ਵਿੱਚ ਵਿਲੱਖਣ ਕੀਰਤੀਮਾਨ ਹੈ, ਕਿਉਂਕਿ ਵਿਦਿਆਰਥੀ ਸਿਆਸਤ ਵਾਲੇ ਸਿਆਸਤਦਾਨ ਅਗਰੈਸਿਵ ਹੁੱਜਾਂ ਮਾਰਦੇ ਰਹਿੰਦੇ ਹਨ। ਸ. ਢੀਂਡਸਾ ਨੇ ਨਿਮਰਤਾ ਨਾਲ ਸਿਆਸਤ ਕੀਤੀ ਹੈ। ਮੇਰੀ ਵਾਕਫ਼ੀ ਹਰਕੇਸ਼ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਕਰਵਾਈ ਸੀ।
ਲੋਕ ਸੰਪਰਕ ਦੀ ਨੌਕਰੀ ਕਰਕੇ ਮੈਨੂੰ ਬਹੁਤ ਸਾਰੇ ਸਿਆਸਤਦਾਨਾਂ ਨਾਲ ਮਿਲਣ ਦਾ ਇਤਫ਼ਾਕ ਹੋਇਆ, ਉਨ੍ਹਾਂ ਵਿੱਚੋਂ ਸੁਖਦੇਵ ਸਿੰਘ ਢੀਂਡਸਾ ਇੱਕ ਬਿਹਤਰੀਨ ਇਨਸਾਨ ਸਨ। ਮੈਂ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਨੇੜੇ ਤੋਂ ਵੇਖਿਆ ਹੈ। ਅਕਾਲੀ ਦਲ ਦੀ ਸਿਆਸਤ ਵਿੱਚ ਦਿਗਜ਼ ਸਿਆਸਤਦਾਨ ਪਦਮ ਭੂਸ਼ਣ ਸੁਖਦੇਵ ਸਿੰਘ ਢੀਂਡਸਾ ‘ਨਾ ਕਾਹੂ ਸੇ ਦੋਸਤੀ ਨਾ ਕਾਹੂ ਸੇ ਵੈਰ’ ਦੇ ਅਸੂਲ ‘ਤੇ ਚਲਣ ਕਰਕੇ, ਉਨ੍ਹਾਂ ਨੂੰ ਸਾਊ ਸਿਆਸਤਦਾਨ ਕਿਹਾ ਜਾ ਸਕਦਾ ਹੈ। ਉਹ ਧੀਮੀ ਆਵਾਜ਼ ਵਿੱਚ ਘੱਟ ਬੋਲਦੇ ਸਨ, ਪ੍ਰੰਤੂ ਜੋ ਬੋਲਦੇ ਉਹ ਤੋਲ ਕੇ ਸਹਿਜ ਨਾਲ ਬੋਲਦੇ ਸਨ।
1962 ਵਿੱਚ ਸੰਗਰੂਰ ਜ਼ਿਲੇ ਦੇ ਆਪਣੇ ਜੱਦੀ ਪਿੰਡ ਉਭਾਵਾਲ ਦੇ ਸਰਪੰਚ ਬਣਨ ਤੋਂ ਬਾਅਦ ਪੌੜੀ-ਦਰ-ਪੌੜੀ ਉਹ ਸਿਆਸਤ ਵਿੱਚ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ `ਤੇ ਪਹੁੰਚ ਕੇ ਪਿੰਡ, ਦੇਸ਼ ਅਤੇ ਪੰਜਾਬ ਦੀ ਉਨਤੀ ਲਈ ਵਚਨਬੱਧਤਾ ਨਾਲ ਸਰਗਰਮ ਰਹੇ। ਅਜੋਕੇ ਸਿਆਸਤਦਾਨਾਂ ਦੇ ਕਿਰਦਾਰ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ। ਸਿਆਸਤ ਵਿੱਚ ਜੁਮਲੇਬਾਜ਼ੀ ਭਾਰੂ ਹੋ ਰਹੀ ਹੈ। ਜਿਹੜਾ ਸਿਆਸਤਦਾਨ ਸਾਥੀਆਂ ਨੂੰ ਠਿੱਬੀ ਲਾਉਣ ਦਾ ਮਾਹਰ ਹੁੰਦਾ ਹੈ, ਉਸਨੂੰ ਸਫਲ ਸਿਆਸਤਦਾਨ ਗਿਣਿਆ ਜਾਂਦਾ ਹੈ, ਪਰ ਸੁਖਦੇਵ ਸਿੰਘ ਢੀਂਡਸਾ ਇੱਕ ਪ੍ਰਬੁੱਧ, ਸ਼ਰੀਫ, ਸੁਲਝਿਆ ਹੋਇਆ, ਸਿਆਣਾ, ਸਹਿਣਸ਼ੀਲ, ਸਹਿਯੋਗੀ, ਨਿਮਰਤਾ ਤੇ ਸਬਰ ਸੰਤੋਖ਼ ਵਾਲਾ, ਸੰਜਮੀ, ਮਿਠਬੋਲੜਾ ਅਤੇ ਸਾਧਾਰਨਤਾ ਦਾ ਪ੍ਰਤੀਕ ਦਰਵੇਸ਼ ਸਿਆਤਦਾਨ ਸੀ। ਉਸਦੇ ਵਿਅਕਤਿਤਵ ਨਾਲ ਜਿੰਨੇ ਵੀ ਵਿਸ਼ੇਸ਼ਣ ਲਾ ਲਏ ਜਾਣ, ਉਨੇ ਹੀ ਥੋੜ੍ਹੇ ਹਨ। ਸਿਆਸਤ ਵਿੱਚ ਆਪਣਾ ਸਥਾਨ ਆਪਣੀ ਹਿੰਮਤ, ਦਲੇਰੀ ਅਤੇ ਹਲੀਮੀ ਨਾਲ ਬਣਾਇਆ ਹੈ।
ਇੱਕ ਆਮ ਜੱਟ ਸਿੱਖ ਦਿਹਾਤੀ ਖੇਤੀਬਾੜੀ ਕਰਨ ਵਾਲੇ ਪਰਿਵਾਰ ਵਿੱਚੋਂ ਉਠ ਕੇ ਭਾਰਤ ਦੀ ਸਿਆਸਤ ਵਿੱਚ ਆਪਣਾ ਵਿਲੱਖਣ ਸਥਾਨ ਬਣਾਇਆ ਸੀ। ਉਹ ਪਹਿਲੀ ਵਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਸਫਲ ਹੋਏ ਸਨ, ਕਿਉਂਕਿ ਅਕਾਲੀ ਦਲ ਟਿਕਟ ਦੇਣ ਤੋਂ ਕੰਨੀ ਕਤਰਾਉਂਦਾ ਸੀ, ਹਾਲਾਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਸੰਗਰੂਰ ਦੇ ਮੈਂਬਰ ਵੀ ਰਹੇ ਸਨ। ਚੋਣ ਜਿੱਤ ਕੇ 1972 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਹ ਪੰਜਾਬ ਵਿਧਾਨ ਸਭਾ ਲਈ 1977, 1980 ਅਤੇ 1985 ਵਿੱਚ ਚੋਣ ਵੀ ਲੜੇ ਅਤੇ ਵਿਧਾਇਕ ਬਣੇ। ਦਿਆਨਤਦਾਰੀ ਨਾਲ ਕੰਮ ਕਰਨ ਕਰਕੇ 1973 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਣੇ। ਉਹ 1977 ਤੋਂ 80 ਤੱਕ ਬਾਦਲ ਸਰਕਾਰ ਵਿੱਚ ਖੇਡਾਂ, ਸੱਭਿਆਚਾਰਕ ਮਾਮਲੇ, ਸ਼ਹਿਰੀ ਹਵਾਬਾਜ਼ੀ ਅਤੇ ਟਰਾਂਸਪੋਰਟ ਵਿਭਾਗਾਂ ਦੇ ਮੰਤਰੀ ਰਹੇ। ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਸੁਰਜੀਤ ਸਿੰਘ ਬਰਨਾਲਾ ਵਰਗੇ ਘਾਗ ਨੇਤਾਵਾਂ ਦੇ ਜ਼ਿਲੇ ਵਿੱਚ ਸਥਾਪਤ ਹੋਣਾ ਬਹੁਤ ਮੁਸ਼ਕਲ ਸੀ, ਪਰ ਸ. ਢੀਂਡਸਾ ਲੋਕਾਂ ਵਿੱਚ ਵਿਚਰਦੇ ਰਹੇ ਅਤੇ ਸਮਾਜਿਕ ਤੇ ਸਿਆਸੀ ਦਾਇਰੇ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ। ਅਕਾਲੀ ਦਲ ਦੀ ਸਿਆਸਤ ਵਿੱਚ ਕਈ ਵਾਰ ਉਤਰਾਅ-ਚੜ੍ਹਾਅ ਆਏ, ਜਿਸ ਕਰਕੇ ਫਿਰ ਉਨ੍ਹਾਂ ਨੂੰ 1997 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਦਾ ਚੇਅਰਮੈਨ ਲਗਾਇਆ ਗਿਆ, ਜਿਸ ਅਹੁਦੇ `ਤੇ ਉਹ 1998 ਤੱਕ ਰਹੇ। 1998 ਵਿੱਚ ਹੀ ਉਹ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। ਉਹ 1999 ਤੋਂ 2004 ਤੱਕ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿੱਚ ਯੁਵਕ ਮਾਮਲੇ, ਖੇਡਾਂ ਅਤੇ ਖਾਦ ਤੇ ਰਸਾਇਣ ਵਿਭਾਗਾਂ ਦੇ ਕੇਂਦਰੀ ਮੰਤਰੀ ਰਹੇ।
ਅਹੁਦੇ ਪ੍ਰਾਪਤ ਕਰਨੇ ਔਖੇ ਨਹੀਂ ਹੁੰਦੇ, ਪਰ ਇਨ੍ਹਾਂ ਅਹੁਦਿਆਂ ਦੀ ਸ਼ਾਲੀਨਤਾ ਨੂੰ ਬਣਾਈ ਰੱਖਣਾ ਅਸੰਭਵ ਹੁੰਦਾ ਹੈ। ਸ. ਢੀਂਡਸਾ ਨੇ ਇਨ੍ਹਾਂ ਅਹੁਦਿਆਂ ਦੀ ਮਾਣਤਾ ਵਧਾਈ। ਸਿਆਸਤ ਵਿੱਚ ਵਾਦ-ਵਿਵਾਦ ਸਿਆਸਤਦਾਨਾਂ ਦਾ ਖਹਿੜਾ ਨਹੀਂ ਛੱਡਦੇ, ਪਰ ਸੁਖਦੇਵ ਸਿੰਘ ਢੀਂਡਸਾ ਆਪਣੇ 65 ਸਾਲ ਦੇ ਲੰਬੇ ਸਿਆਸੀ ਸਫਰ ਵਿੱਚ ਕਿਸੇ ਗੰਭੀਰ ਵਾਦ-ਵਿਵਾਦ ਵਿੱਚ ਨਹੀਂ ਪਏ। ਉਹ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੀ ਮੰਤਰੀ ਰਹੇ ਤੇ ਮਹੱਤਵਪੂਰਨ ਖੇਡ ਸੰਸਥਾਵਾਂ ਦੇ ਮੁਖੀ ਰਹੇ, ਪਰ ਭ੍ਰਿਸ਼ਟਾਚਾਰ ਦਾ ਕੋਈ ਇਲਜ਼ਾਮ ਨਹੀਂ ਲੱਗਿਆ। ਉਨ੍ਹਾਂ ਨੂੰ ਖੇਡਾਂ ਵਿੱਚ ਵਿਸ਼ੇਸ਼ ਦਿਲਚਸਪੀ ਸੀ ਅਤੇ ਉਹ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਖੇਡ ਸੰਸਥਾਵਾਂ ਦੇ ਪ੍ਰਧਾਨ ਸਨ, ਜਿਨ੍ਹਾਂ ਵਿੱਚ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਓਲੰਪਿਕ ਐਸੋਸੀਏਸ਼ਨ ਅਤੇ ਪੰਜਾਬ ਬਾਕਸਿੰਗ ਤੇ ਰੋਇੰਗ ਐਸੋਸੀਏਸ਼ਨ ਸ਼ਾਮਲ ਹਨ।
ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਹਲੀਮੀ ਦਾ ਪੁਜਾਰੀ ਹੋਣ ਕਰਕੇ ਸਤਿਕਾਰ ਦਿੰਦੇ ਰਹੇ। ਕਾਂਗਰਸ ਦੀਆਂ ਸਰਕਾਰਾਂ ਸਮੇਂ ਵੀ ਉਨ੍ਹਾਂ ਨੂੰ ਖੇਡ ਸੰਸਥਾਵਾਂ ਦੇ ਮੁਖੀ ਚੁਣਿਆ ਜਾਂਦਾ ਰਿਹਾ ਹੈ। ਉਨ੍ਹਾਂ ਨੇ ਬਹੁਤ ਸਾਰੇ ਖਿਡਾਰੀਆਂ ਨੂੰ ਸਰਪ੍ਰਸਤੀ ਦਿੱਤੀ ਤੇ ਉਨ੍ਹਾਂ ਖਿਡਾਰੀਆਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਅਕਾਲੀ ਦਲ ਦੇ ਸਕੱਤਰ ਜਨਰਲ ਹੁੰਦੇ ਹੋਏ ਉਨ੍ਹਾਂ ਨੇ ਕਈ ਮਹੱਤਵਪੂਰਨ ਫ਼ੈਸਲਿਆਂ `ਤੇ ਪਾਰਟੀ ਦੀਆਂ ਮੀਟਿੰਗਾਂ ਵਿੱਚ ਸਰਕਾਰ ਦੀਆਂ ਪੰਥ ਵਿਰੋਧੀ ਨੀਤੀਆਂ ਬਾਰੇ ਕਿੰਤੂ-ਪ੍ਰੰਤੂ ਕੀਤਾ; ਬਰਗਾੜੀ ਕਾਂਡ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ, ਜਦੋਂ ਇਹ ਸਾਫ਼ ਹੋ ਗਿਆ ਕਿ ਇਸ ਕਾਂਡ ਵਿੱਚ ਸਰਕਾਰ ਦੀ ਅਣਗਹਿਲੀ ਹੋਈ ਹੈ ਅਤੇ ਸਿੱਖ ਸੰਸਥਾਵਾਂ ਦੇ ਵੱਕਾਰ ਨੂੰ ਸੱਟ ਵੱਜੀ ਹੈ ਤਾਂ ਉਨ੍ਹਾਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਸੁਖਦੇਵ ਸਿੰਘ ਢੀਂਡਸਾ ਦੇ ਪਾਰਟੀ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਬਰਗਾੜੀ ਕਾਂਡ ਵਿੱਚ ਉਦੋਂ ਦੀ ਸਰਕਾਰ ਅਤੇ ਪਾਰਟੀ ਦੀ ਅਣਗਹਿਲੀ ਦੇ ਇਲਜ਼ਾਮ ਲਗਾ ਕੇ ਅਕਾਲੀ ਦਲ ਦੇ ਸੀਨੀਅਰ ਮਾਝੇ ਦੇ ਨੇਤਾਵਾਂ ਨੇ ਅਸਤੀਫੇ ਦਿੱਤੇ ਸਨ। ਸਿੱਟੇ ਵਜੋਂ ਅਕਾਲੀ ਦਲ ਦੋਫ਼ਾੜ ਹੋ ਗਿਆ। ਇਸ ਸਮੇਂ ਸ. ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਦੀ ਸਰਪ੍ਰਸਤੀ ਕਰ ਰਹੇ ਸਨ।
ਸ. ਸੁਖਦੇਵ ਸਿੰਘ ਢੀਂਡਸਾ ਦਾ ਜਨਮ ਪਟਿਆਲਾ ਰਿਆਸਤ ਦੇ ਸੰਗਰੂਰ ਜ਼ਿਲੇ ਦੇ ਪਿੰਡ ਉਭਾਵਾਲ ਵਿਖੇ ਇੱਕ ਸਾਧਾਰਨ ਜੱਟ ਸਿੱਖ ਪਰਿਵਾਰ ਵਿੱਚ ਸ. ਰਤਨ ਸਿੰਘ ਅਤੇ ਮਾਤਾ ਸ਼੍ਰੀਮਤੀ ਲਾਭ ਕੌਰ ਦੇ ਘਰ 9 ਅਪ੍ਰੈਲ 1936 ਨੂੰ ਹੋਇਆ ਸੀ। ਉਸ ਨੇ ਮੁੱਢਲੀ ਸਿੱਖਿਆ ਗੁਰੂ ਨਾਨਕ ਹਾਈ ਸਕੂਲ ਸੰਗਰੂਰ ਅਤੇ ਬੀ.ਏ. ਦੀ ਡਿਗਰੀ ਰਣਬੀਰ ਕਾਲਜ ਸੰਗਰੂਰ ਤੋਂ ਪਾਸ ਕੀਤੀ। ਕਾਲਜ ਦੀ ਪੜ੍ਹਾਈ ਦੌਰਾਨ ਹੀ ਉਨ੍ਹਾਂ ਨੇ ਸਿਆਸਤ ਵਿੱਚ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਤੇ ਉਹ ਕਾਲਜ ਦੀ ਸਟੂਡੈਂਟਸ ਯੂਨੀਅਨ ਦੇ ਵੀ ਪ੍ਰਧਾਨ ਰਹੇ। ਸ. ਢੀਂਡਸਾ ਦਾ ਵਿਆਹ 1962 ਵਿੱਚ ਸ਼੍ਰੀਮਤੀ ਹਰਜੀਤ ਕੌਰ ਨਾਲ ਹੋਇਆ। ਉਨ੍ਹਾਂ ਦਾ ਇੱਕ ਲੜਕਾ ਪਰਮਿੰਦਰ ਸਿੰਘ ਢੀਂਡਸਾ ਅਤੇ ਦੋ ਲੜਕੀਆਂ ਹਨ। ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਜ਼ਿਲੇ ਦੇ ਲਹਿਰਾਗਾਗਾ ਅਤੇ ਸੁਨਾਮ ਹਲਕੇ ਤੋਂ ਵਿਧਾਨਕਾਰ ਰਿਹਾ ਹੈ। ਉਹ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਵਿਤ ਮੰਤਰੀ ਵੀ ਰਿਹਾ ਹੈ ਅਤੇ ਹੁਣ ਅਕਾਲੀ ਦਲ ਦੀ ਸੁਧਾਰ ਲਹਿਰ ਦਾ ਸਰਗਰਮ ਨੇਤਾ ਹੈ। ਸ. ਸੁਖਦੇਵ ਸਿੰਘ ਢੀਂਡਸਾ ਦਾ ਇੱਕ ਜਵਾਈ ਤੇਜਿੰਦਰਪਾਲ ਸਿੰਘ ਸਿੱਧੂ ਆਈ.ਏ.ਐਸ. ਅਧਿਕਾਰੀ ਸੇਵਾ ਮੁਕਤ ਹੋਇਆ ਹੈ।