ਪੰਜਾਬੀ ਪਰਵਾਜ਼ ਬਿਊਰੋ
ਜਿਵੇਂ ਕਿ ਆਸ ਹੀ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਰਾਜਨੀਤਿਕ ਰੱਸਾਕਸ਼ੀ ਦਾ ਸਬੱਬ ਬਣਦਾ ਵਿਖਾਈ ਦੇ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਕਾਲੀ ਦਲ ਬਾਦਲ ਦਾ ਮੁਹਰੈਲ ਦਸਤਾ ਬਣਨ ਦਾ ਯਤਨ ਕਰ ਰਹੀਆਂ ਸਿੱਖ ਸੰਸਥਾਵਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਇਸ ਟਕਰਾਅ ਵਿਚਕਾਰ ਦੋਵੇਂ ਧਿਰਾਂ ਆਪੋ-ਆਪਣਾ ਰਾਜਨੀਤਿਕ ਪ੍ਰਵਚਨ (ਨੈਰੇਟਿਵ) ਉਸਾਰਨ ਦਾ ਯਤਨ ਕਰ ਰਹੀਆਂ ਹਨ। ਇੰਝ ਇਸ ਟਕਰਾਅ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਤੱਕ ਲਮਕਾਉਣਾ ਪੰਜਾਬ ਸਰਕਾਰ ਦਾ ਵੱਡਾ ਰਾਜਨੀਤਿਕ ਹਿੱਤ ਹੈ, ਤਾਂ ਕਿ ਆਪਣੇ ਆਪ ਨੂੰ ਮੁੜ ਖੜ੍ਹਾ ਕਰਨ ਦਾ ਯਤਨ ਕਰ ਰਹੇ ਅਕਾਲੀ ਦਲ (ਬਾਦਲ) ਨੂੰ ਘੇਰ ਕੇ ਰੱਖਿਆ ਜਾ ਸਕੇ।
ਇਸ ਦਰਮਿਆਨ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਦੀ ਚਰਚਾ ਵੀ ਚੱਲ ਪਈ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰਾਂ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਵਿਸ਼ੇਸ਼ ਪੜਤਾਲੀਆ ਕਮੇਟੀ (ਐਸ.ਆਈ.ਟੀ.) ਸੁਖਬੀਰ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਬਹਾਨੇ ਲੱਭ ਰਹੀ ਹੈ। ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ‘ਐਕਸ’ `ਤੇ ਆਪਣੇ ਇੱਕ ਬਿਆਨ ਵਿੱਚ ਖਦਸ਼ਾ ਜ਼ਾਹਰ ਕੀਤਾ ਹੈ ਕਿ ਪੰਜਾਬ ਸਰਕਾਰ ਸੁਖਬੀਰ ਨੂੰ ਕਿਸੇ ਝੂਠੇ ਕੇਸ ਵਿੱਚ ਫਸਾਉਣ ਦਾ ਯਤਨ ਕਰ ਰਹੀ ਹੈ। ਅਕਾਲੀ ਦਲ ਵੱਲੋਂ ਅਜਿਹੇ ਇਲਜ਼ਾਮ ਵੀ ਲਗਾਏ ਗਏ ਹਨ ਕਿ ਐਸ.ਆਈ.ਟੀ. ਵਿੱਚ ਉਹੋ ਅਫਸਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਲੱਗੀ ਤਨਖਾਹ ਮੌਕੇ ਮਰਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਖਦਸ਼ਿਆਂ `ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਨ੍ਹਾਂ ਨੇ ਪਾਪ ਕਮਾਏ ਹਨ, ਉਹੋ ਡਰੇ ਹੋਏ ਹਨ।
ਇਸ ਮਾਮਲੇ ਵਿੱਚ ਲਗਦਾ ਭਾਵੇਂ ਇਉਂ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬੜੀ ਸ਼ਿੱਦਤ ਨਾਲ ਇੱਕ ਦੂਸਰੇ ਨਾਲ ਟਕਰਾਅ ਰਹੇ ਹਨ; ਪਰ ਹਕੀਕਤ ਇਹ ਹੈ ਕਿ ਦੋਵੇਂ ਧਿਰਾਂ ਦਾ ਪ੍ਰਾਥਮਿਕ ਹਿੱਤ ਆਪੋ-ਆਪਣਾ ਰਾਜਨੀਤਿਕ ਹਿੱਤ ਸਾਧਨ ਵਿੱਚ ਹੈ। ਇਹ ਰਾਜਨੀਤਿਕ ਹਿੱਤ ਹੈ ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਸੱਤਾ ਪ੍ਰਾਪਤ ਕਰਨਾ। ਇੱਥੇ ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਆਪਣਾ ਪੱਖ ਦੱਸਣ ਲਈ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ `ਤੇ ਸੱਦਿਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਈ ਅੜ-ਫੜ ਕਰਨ ਨਾਲੋਂ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਾਣ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ ਨੰਗੇ ਪੈਰੀ ਚੱਲ ਕੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਾਣਗੇ। ਮਾਨ ਨੇ ਕਿਹਾ ਕਿ ਮੇਰੇ ਲਈ ਅਕਾਲ ਤਖਤ ਪ੍ਰਾਥਮਿਕ ਹੈ। ਇਸ ਮੌਕੇ ਦਾ ਸਿੱਧਾ ਪ੍ਰਸਾਰਣ ਕਰਨ ਦੀ ਵੀ ਪੰਜਾਬ ਦੇ ਮੁੱਖ ਮੰਤਰੀ ਨੇ ਮੰਗ ਕੀਤੀ ਹੈ। ਇਹ ਬਹਿਸ ਵੀ ਚੱਲ ਪਈ ਹੈ ਕਿ ਸਿੱਖ ਰਹਿਤ ਮਰਯਾਦਾ ਅਨੁਸਾਰ ਇੱਕ ਪਤਿੱਤ ਸਿੱਖ ਨੂੰ ਅਕਾਲ ਤਖਤ ਸਾਹਿਬ `ਤੇ ਬੁਲਾਇਆ ਜਾ ਸਕਦਾ ਹੈ ਜਾਂ ਨਹੀਂ!
ਮੁੱਖ ਮੰਤਰੀ ਨੇ ਕਿਹਾ ਕਿ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ਼੍ਰੀ ਅੰਮ੍ਰਿਤਸਰ ਵਿਖੇ ਆ ਰਹੇ ਹਨ। ਉਨ੍ਹਾਂ ਨੇ ਉਧਰੋਂ ਮੁਆਫੀ ਮੰਗ ਲਈ ਹੈ ਅਤੇ ਅਕਾਲ ਤਖਤ ਸਾਹਿਬ ਵਿਖੇ ਜ਼ਰੂਰ ਜਾਣਗੇ। ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ `ਤੇ ਦੋਸ਼ ਲਾਏ ਗਏ ਹਨ ਕਿ ਉਨ੍ਹਾਂ ਦੀਆਂ ਬੀਤੇ ਦਿਨੀਂ ਕੁਝ ਇਤਰਾਜ਼ਯੋਗ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਜਥੇਦਾਰ ਨੇ ਕਿਹਾ ਕਿ ਇਨ੍ਹਾਂ ਵੀਡੀਓਜ਼ ਵਿੱਚ ਮੁੱਖ ਮੰਤਰੀ ਸਿੱਖ ਗੁਰੂ ਸਾਹਿਬਾਨ ਅਤੇ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਗਤੀਵਿਧੀ ਕਰਦੇ ਨਜ਼ਰ ਆਏ ਹਨ। ਜਥੇਦਾਰ ਨੇ ਕਿਹਾ ਕਿ, “ਤੁਸੀਂ ਪੰਜਾਬ ਵਿੱਚ ਸੰਵਿਧਾਨਕ ਉੱਚ ਅਹੁਦੇ `ਤੇ ਬੈਠੇ ਹੋ, ਤੁਹਾਡੇ ਵੱਲੋਂ ਕੀਤੇ ਗਏ ਪ੍ਰਗਟਾਵੇ ਤੁਹਾਡੇ ਅੰਦਰ ਦੀ ਰਾਜ ਹੈਂਕੜ ਨੂੰ ਦਰਸਾਉਂਦੇ ਹਨ।”
ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਤਿੱਤ ਹੋਣ ਕਾਰਨ ਮੁੱਖ ਮੰਤਰੀ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਸਾਹਮਣੇ ਨਹੀਂ ਸੱਦਿਆ ਜਾ ਸਕਦਾ, ਇਸ ਲਈ ਉਹ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ। ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਿੱਖ ਨੌਜਵਾਨਾਂ `ਤੇ ਐਨ.ਐਸ.ਏ. ਅਤੇ ਯੂ.ਏ.ਪੀ.ਏ. ਲਗਾ ਕੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵੱਲੋਂ ਬਰਗਾੜੀ ਬੇਅਦਬੀ ਕੇਸ ਨੂੰ ਪੰਜਾਬ ਤੋਂ ਬਾਹਰਲੀ ਅਦਾਲਤ ਵਿੱਚ ਤਬਦੀਲ ਕਰਨ ਦਾ ਵਿਰੋਧ ਨਾ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਰਗਾੜੀ ਮਾਮਲੇ ਵਿੱਚ ਤਿੰਨ ਮਹੀਨੇ ਦੇ ਅੰਦਰ ਕਾਰਵਾਈ ਕਰਨ ਦੇ ਵਾਅਦੇ, ਆਦਿ ਮਾਮਲਿਆਂ ਦਾ ਵੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਬਿਆਨ ਵਿੱਚ ਨੋਟਿਸ ਲਿਆ ਗਿਆ ਹੈ।
ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੜਤਾਲ ਕਰਨ ਲਈ ਇੱਕ ਵਿਸ਼ੇਸ਼ ਪੜਤਾਲੀਆ ਕਮੇਟੀ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਐਸ.ਆਈ.ਟੀ. ਦੇ ਮੁਖੀ ਮੁਹਾਲੀ ਦੇ ਆਈ.ਜੀ. ਜਗਤਪ੍ਰੀਤ ਸਿੰਘ ਨੂੰ ਲਗਾਇਆ ਗਿਆ ਹੈ। ਇਸ ਪੜਤਾਲੀਆ ਕਮੇਟੀ ਦੇ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਬੀਤੀ 7 ਦਸੰਬਰ ਨੂੰ ਅੰਮ੍ਰਿਤਸਰ ਦੇ ਇੱਕ ਥਾਣੇ ਵਿੱਚ ਐਫ.ਆਈ.ਆਰ. ਦਰਜ ਕਰਕੇ ਸਤਿੰਦਰ ਸਿੰਘ ਕੋਹਲੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਰੂਪ ਸਿੰਘ ਸਮੇਤ 16 ਵਿਅਕਤੀਆਂ ਖਿਲਾਫ ਇੱਕ ਕੇਸ ਦਰਜ ਕੀਤਾ ਹੋਇਆ ਹੈ। ਇਸ ਕੇਸ ਦੇ ਤਹਿਤ ਬਾਦਲ ਪਰਿਵਾਰ ਦੇ ਕਰੀਬੀ ਸਮਝੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੋਹਲੀ ਤੋਂ ਮਿਲੀ ਜਾਣਕਾਰੀ ਦੇ ਆਧਾਰ `ਤੇ ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ `ਤੇ ਛਾਪੇ ਮਾਰੀ ਕੀਤੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਕੰਵਲਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਇਲਾਵਾ ਬਹੁਤ ਸਾਰਾ ਇਲੈਕਟ੍ਰੌਨਿਕ ਸਾਜ਼ੋ ਸਮਾਨ (ਕੰਪਿਊਟਰ ਤੇ ਮੋਬਾਈਲ ਫੋਨ ਵਗੈਰਾ) ਬਰਾਮਦ ਕੀਤਾ ਗਿਆ ਹੈ। ਪੁਲਿਸ ਅਨੁਸਾਰ ਬਰਾਮਦ ਕੀਤੇ ਗਏ ਉਪਕਰਨਾਂ ਦੀ ਫੌਰੈਂਸਿਕ ਜਾਂਚ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬਰਾਮਦ ਹੋਏ ਵਿੱਤੀ ਕਾਗਜ਼ ਪੱਤਰਾਂ ਅਤੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਕਥਿੱਤ ਤੌਰ `ਤੇ ਰਾਜਨੀਤੀਵਾਨਾਂ ਸਮੇਤ ਬਹੁਤ ਸਾਰੇ ਵਿਅਕਤੀਆਂ ਦੀਆਂ ਕੰਪਨੀਆਂ ਰਾਹੀਂ ਪੈਸੇ ਦਾ ਲੈਣ-ਦੇਣ ਹੋਇਆ ਹੈ।
ਉਪਰੋਕਤ ਤੋਂ ਇਲਾਵਾ ਪੜਤਾਲੀਆ ਟੀਮ ਵੱਲੋਂ ਪਰਮਦੀਪ ਸਿੰਘ ਖਟੜਾ ਤੋਂ ਵੀ ਪੁੱਛ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਦਾ ਨਾਂ ਵੀ 7 ਦਸੰਬਰ ਨੂੰ ਦਾਇਰ ਕੀਤੀ ਗਈ ਐਫ.ਆਈ.ਆਰ. ਵਿੱਚ ਦਰਜ ਹੈ। ਪਰਮਦੀਪ ਸਿੰਘ ਤੋਂ ਲਗਾਤਾਰ 7 ਘੰਟੇ ਪੁੱਛ-ਪੜਤਾਲ ਕੀਤੀ ਗਈ। ਪੜਤਾਲੀਆ ਟੀਮ ਨੇ ਪਰਮਦੀਪ ਸਿੰਘ ਦੇ ਵਿੱਤੀ ਲੈਣ-ਦੇਣ ਅਤੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਨਾਲ ਸੰਬੰਧਤ ਕਾਗਜ਼ ਪੱਤਰਾਂ ਦੀ ਜਾਂਚ ਪੜਤਾਲ ਕੀਤੀ। ਕੰਵਲਜੀਤ ਸਿੰਘ ਸ਼੍ਰੋਮਣੀ ਕਮੇਟੀ ਵਿੱਚ ਸਹਾਇਕ ਸੁਪਰਵਾਈਜ਼ਰ ਦੇ ਅਹੁਦੇ `ਤੇ ਰਹੇ ਹਨ, ਜਦਕਿ ਪਰਮਦੀਪ ਸਿੰਘ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਇੰਚਾਰਜ ਰਹੇ ਹਨ। ਪਰਮਦੀਪ ਸਿੰਘ ਨੇ ਆਪਣੀ ਪੇਸ਼ਗੀ ਜ਼ਮਾਨਤ ਲਈ ਹਾਈਕੋਰਟ ਵਿੱਚ ਅਰਜ਼ੀ ਦਿੰਦਿਆਂ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਦਾ ਵਾਅਦਾ ਕੀਤਾ ਹੈ। ਉਪਰੋਕਤ ਮਾਮਲੇ ਨੂੰ ਲੈ ਕੇ ਸਿੱਖ ਸੰਸਥਾਵਾਂ ਦੇ ਮੁਖੀਆਂ ਅਤੇ ਮੁੱਖ ਮੰਤਰੀ ਵਿਚਕਾਰ ਬੋਲ ਬੁਲਾਰਾ ਵੀ ਚੱਲ ਰਿਹਾ ਹੈ। ਜਦੋਂ ਸਰਕਾਰ ਵੱਲੋਂ ਬਣਾਈ ਗਈ ਪੜਤਾਲੀਆ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਕੋਲੋਂ ਰਿਕਾਰਡ ਮੰਗਿਆ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪਾਸੇ ਤਾਂ ਇਹ ਮਾਮਲਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲ ਖਿਸਕਾ ਦਿੱਤਾ, ਉਥੇ ਨਾਲ ਹੀ ਰਿਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਆਪਣੇ ਪਹਿਲਾਂ ਲਏ ਸਟੈਂਡ ਦੇ ਉਲਟ ਬਾਅਦ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ‘ਸਿਰਫ ਗੁਰੂ ਗ੍ਰੰਥ ਸਾਹਿਬ ਵਾਲੇ ਮਸਲੇ `ਤੇ’ ਸਿੱਟ ਨਾਲ ਸਹਿਯੋਗ ਕਰਨ ਲਈ ਕਹਿ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਨਵੇਂ ਆਦੇਸ਼ ਅਨੁਸਾਰ ਕਾਰਜ ਕਰਨ ਦੀ ਗੱਲ ਕਹੀ ਹੈ। ਹੁਣ ਸਿੱਟ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ ਆਫਿਸ ਤੋਂ ਇਹ ਜਾਣਕਾਰੀ ਹਾਸਲ ਕਰ ਸਕੇਗੀ। ਇਸ ਦੇ ਨਾਲ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ, ਸੋਸ਼ਲ ਮੀਡੀਆ ਅਤੇ ਵੱਖ-ਵੱਖ ਚੈਨਲਾਂ `ਤੇ ਗੁਰੂ ਗ੍ਰੰਥ ਸਾਹਿਬ ਬਾਰੇ ਹੋ ਰਹੀ ਬਹਿਸ ਵਿੱਚ ਬੁਲਾਰਿਆਂ ਨੂੰ ਆਪਣੀ ਭਾਸ਼ਾ ਸੰਜਮ ਨਾਲ ਵਰਤਣ ਲਈ ਕਿਹਾ ਹੈ। ਯਾਦ ਰਹੇ, ਪਹਿਲਾਂ ਦੋਵੇਂ ਸਿੱਖ ਸੰਸਥਾਵਾਂ ਦੇ ਮੁਖੀਆਂ ਨੇ ਕਿਹਾ ਸੀ ਕਿ ਨਾ ਤਾਂ ਪੁਲਿਸ ਨਾਲ ਸਹਿਯੋਗ ਕੀਤਾ ਜਾਵੇਗਾ ਅਤੇ ਨਾ ਹੀ ਰਿਕਾਰਡ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ `ਤੇ ਉਲਟਾ ਦੋਸ਼ ਲਾਇਆ ਸੀ ਕਿ ਸਰਕਾਰ ਸਿੱਖ ਮਾਮਲਿਆਂ ਵਿੱਚ ਨਾਜਾਇਜ਼ ਦਖਲ-ਅੰਦਾਜ਼ੀ ਕਰ ਰਹੀ ਹੈ।
